ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਹੋਟਲ,ਮੈਰਿਜ ਪੈਲੇਸ ਮਾਲਕਾਂ ਨੂੰ ਰੋਜ਼ਾਨਾ ਬੁਕਿੰਗ ਦੀ ਰਿਪੋਰਟ ਦੇਣ ਦੇ ਹੁਕਮ
- by News & Facts 24
- 22 Mar, 24
ਆਦਰਸ਼ ਚੋਣ ਜ਼ਾਬਤੇ ਦੌਰਾਨ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਹੋਟਲਾਂ ਅਤੇ ਮੈਰਿਜ ਪੈਲੇਸਾਂ ਦੀ ਬੁਕਿੰਗ 'ਤੇ ਸਖ਼ਤ ਨਜ਼ਰ ਰੱਖੀ ਜਾਵੇਗੀ।
ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਗੋਦਾਮਾਂ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕੀਤੀ ਜਾਵੇਗੀ।
ਲੁਧਿਆਣਾ, 22 ਮਾਰਚ
-
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਸਮੇਤ ਸਥਾਨਕ ਬਚਤ ਭਵਨ ਵਿਖੇ ਹੋਟਲ ਅਤੇ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਹੋਟਲਾਂ ਅਤੇ ਮੈਰਿਜ ਪੈਲੇਸਾਂ ਦੀ ਬੁਕਿੰਗ 'ਤੇ ਸਖ਼ਤ ਨਜ਼ਰ ਰੱਖੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸਾਰੇ ਮੈਰਿਜ ਪੈਲੇਸਾਂ ਅਤੇ ਹੋਟਲਾਂ ਨੂੰ ਰੋਜ਼ਾਨਾ ਆਪਣੀ ਬੁਕਿੰਗ ਸਬੰਧੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣੀ ਹੋਵੇਗੀ. ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਸਮਾਗਮ ਲਈ ਹਰ ਲੈਣ-ਦੇਣ ਨੂੰ ਰਿਕਾਰਡ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਸਮਾਗਮਾਂ ਦੀ ਅਦਾਇਗੀ ਲਾਜ਼ਮੀ ਤੌਰ 'ਤੇ ਚੈੱਕ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਨੂੰ ਇਨ੍ਹਾਂ ਸਮਾਗਮਾਂ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਮੌਕਿਆਂ 'ਤੇ ਪ੍ਰਵਾਨਗੀ ਲੈਣੀ ਚਾਹੀਦੀ ਹੈ।
ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਸਬੰਧਤ ਧਿਰਾਂ ਨੇ ਇਸ ਕਾਰਜ ਵਿੱਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇੱਕ ਹੋਰ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਗੋਦਾਮਾਂ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕੀਤੀ ਜਾਵੇਗੀ। ਗੋਦਾਮ ਤੋਂ ਬਿਨਾਂ ਲਾਇਸੈਂਸ ਜਾਂ ਪਰਮਿਟ ਦੇ ਕੋਈ ਵੀ ਸ਼ਰਾਬ ਨਹੀਂ ਛੱਡੀ ਜਾਣੀ ਚਾਹੀਦੀ। ਉਨ੍ਹਾਂ ਸ਼ਰਾਬ ਦੇ ਠੇਕਿਆਂ ਨੂੰ ਕੂਪਨ ਜਾਂ ਟੋਕਨਾਂ ਦੇ ਅਧਾਰ 'ਤੇ ਸ਼ਰਾਬ ਵੇਚਣ ਵਿਰੁੱਧ ਵੀ ਚੇਤਾਵਨੀ ਦਿੱਤੀ। ਅੰਗਰੇਜ਼ੀ ਅਤੇ ਇੰਡੀਅਨ ਮੇਡ (ਦੇਸੀ) ਸ਼ਰਾਬ ਅਤੇ ਬੀਅਰ ਦਾ ਰੋਜ਼ਾਨਾ ਰਿਕਾਰਡ ਚੋਣ ਦਫ਼ਤਰ ਕੋਲ ਜਮ੍ਹਾ ਕਰਵਾਉਣਾ ਹੋਵੇਗਾ।