ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖ਼ੁਦ ਕਰ ਰਹੇ ਸਨ ਕੈਂਪ ਦੀ ਨਿਗਰਾਨੀ

ਈਸੜੂ, ਖੰਨਾ, 23 ਜੁਲਾਈ (ਪੱਤਰ ਪ੍ਰੇਰਕ)  ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਖੰਨਾ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾ ਕੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਹਨਾਂ ਦੇ ਨਾਲ ਐਸ.ਐਸ.ਪੀ ਖੰਨਾ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ (ਜਨਰਲ) ਕ੍ਰਿਤਿਕਾ ਗੋਇਲ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੇ ਸਿ਼ਰਕਤ ਕੀਤੀ। 

ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਮੁਹੱਈਆ ਕਰਵਾਉਣ ਲਈ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਨਾਗਰਿਕ ਸੇਵਾਵਾਂ ਨੂੰ ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ ਅਤੇ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਜਨਤਾ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਏਗੀ। ਉਹਨਾਂ ਕਿਹਾ ਕਿ ਸਾਰੇ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਤਹਿਤ ਅਸੀਂ ਹਰ ਮੰਗਲਵਾਰ ਤੇ ਸ਼ੁੱਕਰਵਾਰ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਤੇ ਕੈਪ ਲਗਾਉਂਦੇ ਹਾਂ। ਉਹਨਾਂ ਕਿਹਾ ਕਿ ਸਵੇਰ ਤੋਂ ਹੀ ਬਹੁਤ ਸਾਰੇ ਲੋਕ ਇੱਥੇ ਪਹੁੰਚ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਜਾ ਚੁੱਕੀਆ ਹਨ।

ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ ਖੰਨਾ ਅਮਨੀਤ ਕੌਂਡਲ ਵੱਲੋਂ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਹਲਕਾ ਖੰਨਾ ਦੇ ਪਿੰਡਾਂ ਦੀਆਂ ਨਸ਼ਾ ਛੁਡਾਊ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਅਤੇ ਨਾਲ ਲੱਗਦੇ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤਾਂ ਜ਼ੋ ਪਿੰਡਾ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

ਵਾਤਾਵਰਣ ਦੀ ਸ਼ੁੱਧਤਾ ਲਈ ਪਿੰਡ ਈਸੜੂ ਦੇ ਪਸ਼ੂ ਹਸਪਤਾਲ ਵਿੱਚ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ ਖੰਨਾ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਬੂਟੇ ਵੀ ਲਗਾਏ।

ਇਸ ਤੋਂ ਇਲਾਵਾ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ ਖੰਨਾ ਅਮਨੀਤ ਕੌਂਡਲ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਬੁੱਤ ਤੇ ਜਾ ਕੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Related Articles