ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ ਧਾਰਾ 144 ਲਾਗੂ


*ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ  ਵੱਲੋਂ  ਜਿਲੇ ਚ 30 ਮਾਰਚ   ਤੱਕ ਪਾਬੰਦੀ ਹੁਕਮ ਜਾਰੀ*


*- ਪ੍ਰੀਖਿਆ ਕੇਂਦਰਾਂ ਦੇ ਬਾਹਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ*


*- 100 ਮੀਟਰ ਦੇ ਘੇਰੇ ਅੰਦਰ ਲਾਊਡ ਸਪੀਕਰ ਚਲਾਉਣ 'ਤੇ ਵੀ ਲਗਾਈ ਰੋਕ*


ਲੁਧਿਆਣਾ, 15 ਫਰਵਰੀ ( PN)

 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਚਲਾਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ 13 ਫਰਵਰੀ ਤੋਂ 30 ਮਾਰਚ, 2024 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇ਼ਣੀ ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ ਜਿਸਦਾ ਸਮਾਂ 13 ਫਰਵਰੀ ਤੋਂ 30 ਮਾਰਚ, 2024 ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਿਸਦੇ ਤਹਿਤ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਕੇਂਦਰਾਂ ਦੇ ਬਾਹਰ ਕਈ ਵਾਰ ਬਹੁਤ ਜ਼ਿਆਦਾ ਭੀੜ ਹੋ ਜਾਂਦੀ ਹੈ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਤਾਂ ਬਣਦੀ ਹੀ ਹੈ ਸਗੋਂ ਕਈ ਵਾਰ ਕਾਨੂੰਨ ਵਿਵਸਥਾ ਵਿਗੜਨ ਦਾ ਵੀ ਖਦਸਾ ਬਣਿਆ ਰਹਿੰਦਾ ਹੈ।

ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਨਜਦੀਕ ਕਈ ਵਾਰ ਸਮਾਗਮ ਹੁੰਦੇ ਹਨ ਜਿਸ ਕਰਕੇ ਸਾਊਂਡ ਸਿਸਟਮ ਲਗਾਇਆ ਜਾਂਦਾ ਅਤੇ ਆਵਾਜ਼ ਬਹੁਤ ਉੱਚੀ ਹੁੰਦੀ ਹੈ ਜਿਸ ਕਾਰਨ ਬੱਚਿਆਂ ਨੂੰ ਪ੍ਰੀਖਿਆ ਦੇਣ ਵਿੱਚ ਪ੍ਰੇਸ਼ਾਨੀ ਹੁੰਦੀ ਹੈ।

ਮੌਕੇ ਦੇ ਹਾਲਾਤਾਂ ਨੂੰ ਮੁੱਖ ਰੱਖਦਿਆਂ ਜਿਲਾ ਮਜਿਸਟਰੇਟ ਲੁਧਿਆਣਾ ਸਾਕਸ਼ੀ ਸਾਹਨੀ ਵਲੋਂ ਧਾਰਾ 144 ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਪ੍ਰੀਖਿਆ ਕੇਂਦਰਾਂ (ਜਿੱਥੇ ਵੀ ਪ੍ਰੀਖਿਆਵਾਂ ਹੋ ਰਹੀਆਂ ਹਨ) ਦੇ ਆਲੇ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਦੇ ਅੰਦਰ-ਅੰਦਰ ਸਵੇਰੇ 08 ਵਜੇ ਤੋਂ ਦੁਪਹਿਰ 03 ਵਜੇ ਤੱਕ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਚਲਾਉਣ ਦੀ ਪਾਬੰਦੀ ਲਗਾਈ ਜਾਂਦੀ ਹੈ।

Related Articles