ਕਲਾ ਮਨੁੱਖ ਨੂੰ ਚੰਗਾ ਬਣਾਉਣ ’ਚ ਭੂਮਿਕਾ ਨਿਭਾਉਂਦੀ ਹੈ: ਵਾਈਸ ਚਾਂਸਲਰ
- by News & Facts 24
- 30 Apr, 24
ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਨੇ ਮਨਾਇਆ ’ਵਿਸ਼ਵ ਨਾਚ ਦਿਵਸ
ਪਟਿਆਲਾ, 30 ਅਪ੍ਰੈਲ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਨੇ ਕਿਹਾ ਕਿ ਕਲਾ ਮਨੁੱਖ ਨੂੰ ਚੰਗਾ ਬਣਾਉਣ ਵਿੱਚ ਭੂਮਿਕਾ ਨਿਭਾਉਂਦੀ ਹੈ। ਮਨੁੱਖ ਦੀ ਸ਼ਖਸੀਅਤ ਨੂੰ ਨਿਖਾਰਦੀ ਹੈ।
ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਵੱਲੋਂ ਵਿਸ਼ਵ ਡਾਂਸ ਦਿਵਸ ਦੇ ਸੰਬੰਧ ਵਿੱਚ ਕਰਵਾਏ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਕਲਾ ਨਾਲ ਜੁੜੇ ਲੋਕਾਂ ਦੀ ਸ਼ਖ਼ਸੀਅਤ ਹਮੇਸ਼ਾ ਵੱਖਰੀ ਤਰ੍ਹਾਂ ਦੀ ਹੁੰਦੀ ਹੈ ਜੋ ਹਰੇਕ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਇਸ ਪ੍ਰੋਗਰਾਮ ਵਿੱਚ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਵਿਸ਼ਵ ਨਾਚ ਦਿਵਸ ਦੀ ਵਧਾਈ ਦਿੱਤੀ।
ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫ਼ੈਕਲਟੀ ਮੈਂਬਰਾਂ ਵੱਲੋਂ ਡਾਂਸ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ ਜਿੰਨ੍ਹਾਂ ਵਿੱਚ ਕਲਾਸੀਕਲ ਡਾਂਸ ਕਥਕ, ਪੰਜਾਬੀ ਅਤੇ ਹਰਿਆਣਵੀ ਲੋਕ ਨਾਚ ਸ਼ਾਮਿਲ ਸਨ।
ਵਿਭਾਗ ਮੁਖੀ ਡਾ. ਸਿਮੀ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਵਿਸ਼ਵ ਡਾਂਸ ਦਿਵਸ ਦੇ ਇਤਿਹਾਸਕ ਪੱਖ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਆਧੁਨਿਕ ਬੈਲੇ ਦੇ ਪਿਤਾਮਾ ਜੀਨ ਜੌਰਜ ਨੈਵੇਰੇ ਦੇ ਜਨਮ ਦਿਨ 29 ਅਪ੍ਰੈਲ ਨੂੰ 1982 ਤੋਂ ਅੰਤਰਰਾਸ਼ਟਰੀ ਨਾਚ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਨਾਚ ਵਿਭਾਗ ਆਪਣੇ ਸਥਾਪਨਾ ਸਮੇਂ ਤੋਂ ਹੀ ਹਰ ਸਾਲ ਇਸ ਦਿਵਸ ਉੱਤੇ ਪ੍ਰੋਗਰਾਮ ਕਰਵਾਉਂਦਾ ਹੈ।
ਉਨਾਂ ਦੱਸਿਆ ਕਿ ਇਸ ਵਾਰ ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਦੀ ਇੱਕ ਵਿਸ਼ੇਸ਼ਤਾ ਇਹ ਵੀ ਹੈ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਗੈਸਟ ਫ਼ੈਕਲਟੀ ਅਧਿਆਪਕ ਖੁਦ ਪੇਸ਼ਕਾਰੀਆਂ ਵਿੱਚ ਸ਼ਾਮਿਲ ਹਨ।
ਪ੍ਰੋਗਰਾਮ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਏ.ਕੇ. ਤਿਵਾੜੀ ਅਤੇ ਰਜਿਸਟਰਾਰ ਨਵਜੋਤ ਕੌਰ ਵੀ ਹਾਜ਼ਰ ਹੋਏ